ਭਾਈ ਨਿਰਮਲ ਸਿੰਘ ਦੇ ਚਲਾਣੇ ’ਤੇ ਭਾਈ ਲੌਂਗੋਵਾਲ, ਗਿਆਨੀ ਰਘਬੀਰ ਸਿੰਘ ਤੇ ਹੋਰਾਂ ਵੱਲੋਂ ਦੁੱਖ ਪ੍ਰਗਟ

0
66
Share this post

ਅੰਮ੍ਰਿਤਸਰ, 2 ਅਪ੍ਰੈਲ- (5ਆਬ ਨਾਉ ਬਿਊਰੋ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਹੋਰਨਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਭਾਈ ਨਿਰਮਲ ਸਿੰਘ ਖਾਲਸਾ ਸਿੱਖ ਪੰਥ ਨੇ ਨਾਮਵਰ ਰਾਗੀ ਸਨ, ਜਿਨ੍ਹਾਂ ਦੇ ਚਲਾਣੇ ਨਾਲ ਕੌਮ ਨੂੰ ਵੱਡਾ ਘਾਟਾ ਪਿਆ ਹੈ। ਭਾਈ ਲੌਂਗੋਵਾਲ ਨੇ ਕਰਤਾਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਭਾਈ ਸਾਹਿਬ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਈ ਨਿਰਮਲ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਹਮਦਰਦੀ ਪ੍ਰਗਟ ਕੀਤੀ ਹੈ।
ਇਸੇ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਭਾਈ ਨਿਰਮਲ ਸਿੰਘ ਦੇ ਚਲਾਣੇ ਨੂੰ ਦੁੱਖਦਾਈ ਕਰਾਰ ਦਿੰਦਿਆਂ ਕਿਹਾ ਕਿ ਰਾਗਬੱਧ ਕੀਰਤਨ ਸ਼ੈਲੀ ਦੇ ਮਾਹਿਰ ਭਾਈ ਖਾਲਸਾ ਦੀ ਰੁਖਸਤੀ ਕੌਮ ਨੂੰ ਹਮੇਸ਼ਾ ਰੜਕਦੀ ਰਹੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਬੇਵੱਸੀ ਪ੍ਰਗਟ ਕਰਦਿਆਂ ਆਖਿਆ ਕਿ ਸਿੱਖ ਜਗਤ ਦੀ ਇਸ ਬੁਲੰਦ ਹਸਤੀ ਦਾ ਤੁਰ ਜਾਣਾ ਅਤਿਅੰਤ ਪੀੜਾਮਈ ਹੈ। ਇਸ ਦੇ ਨਾਲ ਹੀ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖਸ਼ ਸਿੰਘ ਖਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਮਨਜੀਤ ਸਿੰਘ ਬਾਠ ਨੇ ਵੀ ਭਾਈ ਨਿਰਮਲ ਸਿੰਘ ਦੇ ਚਲਾਣੇ ’ਤੇ ਅਫਸੋਸ ਪ੍ਰਗਟ ਕੀਤਾ ਹੈ।